AAP ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, CM ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਪਹਿਲੇ ਪੜਾਅ ਵਿੱਚ 40 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਸਭ ਤੋਂ ਅਹਿਮ ਨਾਮ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ, ਜਿਨ੍ਹਾਂ ਨੂੰ ਮੁੜ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਧੂਰੀ ਤੋਂ ਟਿਕਟ ਮਿਲਣ ਨਾਲ ਉਨ੍ਹਾਂ ਦੇ ਹਲਕਾ ਬਦਲਣ ਦੀਆਂ ਚਰਚਾਵਾਂ 'ਤੇ ਵੀ ਵਿਰਾਮ ਲੱਗ ਗਿਆ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੇ ਧੂਰੀ ਤੋਂ ਕਾਂਗਰਸ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਸੀ।
ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਪਾਰਟੀ ਨੇ ਆਪਣੇ ਮੌਜੂਦਾ ਵਿਧਾਇਕਾਂ 'ਤੇ ਹੀ ਭਰੋਸਾ ਜਤਾਇਆ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ, ਸੰਜੀਵ ਅਰੋੜਾ ਤੋਂ ਇਲਾਵਾ ਬਾਕੀ ਕੈਬਨਿਟ ਮੰਤਰੀਆਂ ਦੇ ਨਾਵਾਂ ਨੂੰ ਪਹਿਲੀ ਸੂਚੀ ਵਿੱਚ ਜਗ੍ਹਾ ਨਹੀਂ ਮਿਲੀ।
ਪਾਰਟੀ ਨੇ ਚਾਰ ਮੌਜੂਦਾ ਮਹਿਲਾ ਵਿਧਾਇਕਾਂ ਨੂੰ ਵੀ ਮੁੜ ਟਿਕਟ ਦਿੱਤੀ ਹੈ। ਇਨ੍ਹਾਂ ਵਿੱਚ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਬਲਾਚੌਰ ਤੋਂ ਸੰਤੋਸ਼ ਕਟਾਰੀਆ ਅਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਸ਼ਾਮਲ ਹਨ।
ਖੇਤਰਾਂ ਦੇ ਲਿਹਾਜ਼ ਨਾਲ ਦੇਖਿਆ ਜਾਵੇ ਤਾਂ ਪਹਿਲੀ ਸੂਚੀ ਵਿੱਚ ਮਾਝੇ ਦੀਆਂ 5, ਦੁਆਬੇ ਦੀਆਂ 8 ਅਤੇ ਮਾਲਵੇ ਦੀਆਂ 27 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜ ਵਿਧਾਇਕ ਅਜਿਹੇ ਹਨ, ਜਿਨ੍ਹਾਂ ਨੂੰ ਪਾਰਟੀ ਨੇ ਲਗਾਤਾਰ ਤੀਜੀ ਵਾਰ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚ ਕੁਲਤਾਰ ਸਿੰਘ ਸੰਧਵਾਂ, ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਕ੍ਰਿਸ਼ਨ ਰੋੜੀ ਦੇ ਨਾਮ ਸ਼ਾਮਲ ਹਨ।
ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਆਗੂ ਮੌਜੂਦ ਸਨ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਲੋਕਾਂ ਦੇ ਸਰਵੇਖਣ ਦੇ ਆਧਾਰ 'ਤੇ ਕੀਤੀ ਗਈ ਹੈ। ਜਿਨ੍ਹਾਂ ਉਮੀਦਵਾਰਾਂ ਦੇ ਹੱਕ ਵਿੱਚ ਹਲਕੇ ਦੇ ਲੋਕਾਂ ਨੇ ਸਮਰਥਨ ਦਿੱਤਾ, ਪਾਰਟੀ ਨੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਸੂਚੀਆਂ ਵਿੱਚ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਕਰੀਬ 19 ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਦੀ ਚਰਚਾ ਹੈ, ਜਿਨ੍ਹਾਂ ਦੇ ਨਾਵਾਂ ਦਾ ਐਲਾਨ ਅਗਲੀ ਸੂਚੀ ਵਿੱਚ ਹੋ ਸਕਦਾ ਹੈ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ ਇਸ ਸਮੇਂ ਪਾਰਟੀ ਕੋਲ 94 ਵਿਧਾਇਕ ਹਨ। 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪਾਰਟੀ ਨੇ ਚੋਣ ਤਿਆਰੀਆਂ ਦੇ ਮਾਮਲੇ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਤੋਂ ਪਹਿਲਾਂ ਕਦਮ ਚੁੱਕ ਲਿਆ ਹੈ।
