ਬੇਅਦਬੀ ਵਿਰੋਧੀ ਕਾਨੂੰਨ ਦੀਆਂ ਮੁੱਖ ਧਾਰਾਵਾਂ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ: ਮੁੱਖ ਮੰਤਰੀ ਮਾਨ
Read in English
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੀਆਂ ਮੁੱਖ ਧਾਰਾਵਾਂ, ਜਿਨ੍ਹਾਂ ਵਿੱਚ ਬੇਅਦਬੀ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਸ਼ਾਮਲ ਹਨ, ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਸੂਬਾ ਸਰਕਾਰ ਵੱਲੋਂ ਇਸ ਐਕਟ ਬਾਰੇ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਹੋਈ। ਇਹ ਕਮੇਟੀ ਕਾਨੂੰਨ ਦੀਆਂ ਧਾਰਾਵਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਕਰੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੋਧੇ ਹੋਏ ਐਕਟ ਦੀਆਂ ਕਈ ਧਾਰਾਵਾਂ ’ਤੇ ਇਤਰਾਜ਼ ਜਤਾਏ ਹਨ ਅਤੇ ਇਨ੍ਹਾਂ ਦੀ ਘੋਖ ਲਈ ਕਮੇਟੀਆਂ ਬਣਾਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਰਿਆਂ ਲਈ ਸਰਵਉੱਚ ਹੈ ਅਤੇ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ-ਸਨਮਾਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨਾਲ ਕਾਨੂੰਨ ਦੀਆਂ ਧਾਰਾਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਅਤੇ ਸਹਿਮਤੀ ਬਣਾਉਂਦਿਆਂ ਕਾਨੂੰਨ ਦੀ ਭਾਵਨਾ ਅਤੇ ਮੂਲ ਮਕਸਦ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
ਇਸ ਸਾਲ ਦੇ ਸ਼ੁਰੂ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਸੋਧੇ ਹੋਏ ਐਕਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ।
