ਪੰਜਾਬ 'ਚ 13,995 ਸਕੂਲ ਬੱਸਾਂ ਦੀ ਜਾਂਚ, 3,621 ਦੇ ਚਲਾਨ ਤੇ 31 ਜ਼ਬਤ: ਡਾ. ਬਲਜੀਤ ਕੌਰ

ਪੰਜਾਬ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸਕੂਲ ਬੱਸਾਂ ਦੀ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸਾਲ 2025 ਤੋਂ ਸਤੰਬਰ 2026 ਤੱਕ ਸੂਬੇ ਭਰ ਵਿੱਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 3,621 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ 31 ਬੱਸਾਂ ਨੂੰ ਜ਼ਬਤ ਕੀਤਾ ਗਿਆ।
ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਦੀ ਸਕੂਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਦੌਰਾਨ ਜ਼ਿਲ੍ਹਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵੱਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 2,026 ਬੱਸਾਂ ਦੇ ਚਲਾਨ ਕੀਤੇ ਗਏ ਅਤੇ 24 ਬੱਸਾਂ ਨੂੰ ਜ਼ਬਤ ਕੀਤਾ ਗਿਆ।
ਇਸੇ ਤਰ੍ਹਾਂ ਜਨਵਰੀ ਤੋਂ ਸਤੰਬਰ 2026 ਤੱਕ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ 5,670 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 1,595 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 7 ਬੱਸਾਂ ਨੂੰ ਜ਼ਬਤ ਕੀਤਾ ਗਿਆ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਸਬੰਧਤ ਵਿਭਾਗਾਂ ਅਤੇ ਜ਼ਿਲ੍ਹਾ ਸਕੂਲ ਵਾਹਨ ਚੈਕਿੰਗ ਕਮੇਟੀਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਲਿਆਉਣ-ਲਿਜਾਣ ਲਈ ਸਿਰਫ਼ ਸੁਰੱਖਿਆ ਮਾਪਦੰਡ ਪੂਰੇ ਕਰਨ ਵਾਲੇ ਵਾਹਨਾਂ ਦੀ ਹੀ ਵਰਤੋਂ ਕੀਤੀ ਜਾਵੇ। ਇਸ ਦੇ ਨਾਲ ਹੀ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਸਕੂਲ ਵਾਹਨ ਵਿੱਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਦਿਖਾਈ ਦਿੰਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।
ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਸਰਕਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਅਜਿਹੀਆਂ ਜਾਂਚ ਮੁਹਿੰਮਾਂ ਜਾਰੀ ਰੱਖੇਗੀ ਤਾਂ ਜੋ ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚ ਸਕੇ ਅਤੇ ਘਰ ਵਾਪਸ ਆ ਸਕੇ।
