ਗੁਰਦਾਸਪੁਰ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਸੱਤ ਆਧੁਨਿਕ ਪਿਸਤੌਲ ਅਤੇ ਅੱਠ ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (26), ਲਵਪ੍ਰੀਤ ਸਿੰਘ (25) ਅਤੇ ਜਸ਼ਨਦੀਪ ਸਿੰਘ (25) ਵਜੋਂ ਹੋਈ ਹੈ, ਜੋ ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ ਦੇ ਰਹਿਣ ਵਾਲੇ ਹਨ। ਚੌਥੇ ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ (23), ਵਾਸੀ ਲਖਨ ਕਲਾਂ, ਕਲਾਨੌਰ, ਗੁਰਦਾਸਪੁਰ ਵਜੋਂ ਹੋਈ ਹੈ।
ਸੱਤ ਪਿਸਤੌਲ ਅਤੇ ਅੱਠ ਮੈਗਜ਼ੀਨ ਬਰਾਮਦ
ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਵਿੱਚ ਇੱਕ ਆਸਟ੍ਰੀਆ ਦੀ ਬਣੀ ਗਲੋਕ ਪਿਸਤੌਲ, ਚਾਰ ਚੀਨ ਦੀਆਂ ਬਣੀਆਂ .30 ਬੋਰ ਪਿਸਤੌਲਾਂ ਅਤੇ ਦੋ ਹੋਰ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਅੱਠ ਮੈਗਜ਼ੀਨ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਸਿਲਵਰ ਰੰਗ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ। ਪੁਲਿਸ ਮੁਤਾਬਕ ਇਸ ਕਾਰ ਦੀ ਵਰਤੋਂ ਕਥਿਤ ਤੌਰ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ।
ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਨਾਲ ਸੰਪਰਕ ਦਾ ਦਾਅਵਾ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਨਾਲ ਸੰਪਰਕ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਦੇ ਅਨੁਸਾਰ ਇਨ੍ਹਾਂ ਹੈਂਡਲਰਾਂ ਵੱਲੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਨਾਕਾਬੰਦੀ ਦੌਰਾਨ ਕੀਤੀ ਗਈ ਗ੍ਰਿਫ਼ਤਾਰੀ
ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀਆਂ ਨੇ ਹਥਿਆਰਾਂ ਦੀ ਇੱਕ ਖੇਪ ਹਾਸਲ ਕੀਤੀ ਹੈ ਅਤੇ ਉਹ ਇਸਨੂੰ ਅੱਗੇ ਸਪਲਾਈ ਕਰਨ ਦੀ ਤਿਆਰੀ ਵਿੱਚ ਹਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਕਾਰ ਵਿੱਚ ਸਵਾਰ ਚਾਰੋਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਕੋਲੋਂ ਸੱਤ ਪਿਸਤੌਲ ਤੇ ਅੱਠ ਮੈਗਜ਼ੀਨ ਬਰਾਮਦ ਕੀਤੇ ਗਏ।
ਆਈਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਐਸਐਸਪੀ ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਕੀਤੀ ਗਈ। ਪੁਲਿਸ ਵੱਲੋਂ ਹੁਣ ਇਸ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਆਰਮਜ਼ ਐਕਟ ਤਹਿਤ ਕੇਸ ਦਰਜ
ਇਸ ਮਾਮਲੇ ਵਿੱਚ ਕਲਾਨੌਰ ਪੁਲਿਸ ਸਟੇਸ਼ਨ, ਗੁਰਦਾਸਪੁਰ ਵਿਖੇ ਐਫਆਈਆਰ ਨੰਬਰ 130 ਮਿਤੀ 1 ਅਕਤੂਬਰ 2026 ਦਰਜ ਕੀਤੀ ਗਈ ਹੈ। ਪੁਲਿਸ ਨੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
