ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਦੇਰ ਰਾਤ ਕੀਤੀ ਗਈ ਛਾਪੇਮਾਰੀ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਮਾਈਨਿੰਗ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਜ਼ਬਤ ਕੀਤਾ ਗਿਆ।
ਇਸ ਮਾਮਲੇ ਵਿੱਚ ਸਬੰਧਤ ਵਿਅਕਤੀ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਭਾਗ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਨਾ ਅਤੇ ਮਾਈਨਿੰਗ ਦੇ ਕੰਮ ਨੂੰ ਕਾਨੂੰਨੀ ਨਿਯਮਾਂ ਅਨੁਸਾਰ ਯਕੀਨੀ ਬਣਾਉਣਾ ਹੈ।
ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਅਗਲੀ ਜਾਂਚ ਵਿੱਚ ਹੋਰ ਕੀ ਤੱਥ ਸਾਹਮਣੇ ਆਉਂਦੇ ਹਨ।
