ਸਤਿਕਾਰ ਐਕਟ 2026 ਨੂੰ ਲੈ ਕੇ 6 ਅਕਤੂਬਰ ਨੂੰ ਸੱਤ ਮੈਂਬਰੀ ਕਮੇਟੀ ਦੀ ਅਹਿਮ ਬੈਠਕ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਅਹਿਮ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ, ਜਿਸ ਵਿੱਚ ਐਕਟ ਦੀਆਂ ਵੱਖ-ਵੱਖ ਮੱਦਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ, ਬੈਠਕ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੋਏ ਸੁਝਾਵਾਂ 'ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਕਟ ਦੀ ਸਮੀਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਪੈਨਲ ਨਾਲ ਪ੍ਰਭਾਵਸ਼ਾਲੀ ਤਾਲਮੇਲ ਬਿਠਾਉਣ ਦੇ ਤਰੀਕਿਆਂ 'ਤੇ ਵੀ ਚਰਚਾ ਹੋਵੇਗੀ।
ਸਰਕਾਰ ਮੁਤਾਬਕ, ਇਸ ਵਿਚਾਰ-ਵਟਾਂਦਰੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਕਟ ਦੀ ਮੂਲ ਭਾਵਨਾ ਅਤੇ ਪਵਿੱਤਰਤਾ ਦਾ ਸਤਿਕਾਰ ਕਰਦੇ ਹੋਏ ਸਾਰੇ ਸਬੰਧਤ ਸੁਝਾਵਾਂ ਅਤੇ ਵਿਚਾਰਾਂ 'ਤੇ ਯੋਗ ਧਿਆਨ ਦਿੱਤਾ ਜਾਵੇ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸੱਤ ਮੈਂਬਰੀ ਕਮੇਟੀ ਨਾਲ ਮੀਟਿੰਗ ਕਰਕੇ ਐਕਟ ਦੀਆਂ ਸੋਧਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਚਰਚਾ ਕਰਦੇ ਸਮੇਂ ਕਾਨੂੰਨ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਉਮਰ ਕੈਦ ਅਤੇ ਭਾਰੀ ਜੁਰਮਾਨੇ ਵਰਗੀਆਂ ਮੱਦਾਂ ਇਸ ਕਾਨੂੰਨ ਦੀ ਮੁੱਖ ਨੀਂਹ ਹਨ ਅਤੇ ਕਾਨੂੰਨ ਨੂੰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੈਨਲ ਨਾਲ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨੂੰ ਰਚਨਾਤਮਕ ਢੰਗ ਨਾਲ ਅੱਗੇ ਵਧਾਇਆ ਜਾਵੇਗਾ।
ਹੁਣ 6 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਐਕਟ ਦੀਆਂ ਮੱਦਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ਅਤੇ ਪੈਨਲ ਨਾਲ ਤਾਲਮੇਲ ਨੂੰ ਲੈ ਕੇ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ।
