ਜੱਗੀ ਜੌਹਲ ਤਿਹਾੜ ਜੇਲ੍ਹ ਤੋਂ ਰਿਹਾਅ, ਦਿੱਲੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਮਿਲੀ ਰਿਹਾਈ

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਜੱਗੀ ਜੌਹਲ ਦੀ ਆਖਿਰਕਾਰ ਰਿਹਾਈ ਹੋ ਗਈ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜੱਗੀ ਜੌਹਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਮੁਤਾਬਕ, ਦਿੱਲੀ ਹਾਈ ਕੋਰਟ ਨੇ 18 ਸਤੰਬਰ 2026 ਨੂੰ ਜੱਗੀ ਜੌਹਲ ਨੂੰ ਜ਼ਮਾਨਤ ਦਿੱਤੀ ਸੀ। ਇਸ ਤੋਂ ਅਗਲੇ ਦਿਨ, 19 ਸਤੰਬਰ ਨੂੰ ਜ਼ਮਾਨਤਾਂ ਭਰ ਦਿੱਤੀਆਂ ਗਈਆਂ ਸਨ ਅਤੇ 28 ਸਤੰਬਰ ਨੂੰ ਇਨ੍ਹਾਂ ਦੀ ਤਸਦੀਕ ਹੋਣ ਤੋਂ ਬਾਅਦ ਐਨਆਈਏ ਦੀ ਵਿਸ਼ੇਸ਼ ਅਦਾਲਤ ਵੱਲੋਂ ਤਿਹਾੜ ਜੇਲ੍ਹ ਨੰਬਰ-5 ਨੂੰ ਰਿਹਾਈ ਦੇ ਹੁਕਮ ਭੇਜੇ ਗਏ ਸਨ।
ਹਾਲਾਂਕਿ, ਜੇਲ੍ਹ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਧਾਰਾ 268 CrPC ਤਹਿਤ ਜਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਜੱਗੀ ਜੌਹਲ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਐਨਆਈਏ ਦੀ ਵਿਸ਼ੇਸ਼ ਅਦਾਲਤ ਵੱਲੋਂ 6 ਅਕਤੂਬਰ ਲਈ ਤੈਅ ਕੀਤੀ ਗਈ ਸੀ।
ਇਸ ਦੌਰਾਨ ਜੱਗੀ ਜੌਹਲ ਵੱਲੋਂ 30 ਸਤੰਬਰ ਨੂੰ ਦਿੱਲੀ ਹਾਈ ਕੋਰਟ ਵਿੱਚ ਆਪਣੀ ਹਿਰਾਸਤ ਨੂੰ ਚੁਣੌਤੀ ਦਿੰਦਿਆਂ ਬੰਦੀ ਪ੍ਰਤੱਖੀਕਰਨ (Habeas Corpus) ਰਿੱਟ ਦਾਇਰ ਕੀਤੀ ਗਈ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਨਵੀਨ ਚਾਵਲਾ ਨੇ ਸਬੰਧਤ ਧਿਰਾਂ ਨੂੰ ਰਿਹਾਈ ਦੇ ਮਾਮਲੇ ਵਿੱਚ ਸਖ਼ਤ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਜੱਗੀ ਜੌਹਲ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਅਦਾਲਤ ਵੱਲੋਂ ਆਪਣਾ ਹੁਕਮ ਸੁਣਾਇਆ ਜਾਵੇਗਾ।
ਇਸ ਤੋਂ ਬਾਅਦ 1 ਅਕਤੂਬਰ ਨੂੰ ਜੱਗੀ ਜੌਹਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਰਿਪੋਰਟਾਂ ਮੁਤਾਬਕ ਉਹ ਲਗਭਗ 9 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ 18 ਸਤੰਬਰ ਨੂੰ ਜੱਗੀ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦਿੱਤੀ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਰਿਹਾਈ ਵਿੱਚ ਦੇਰੀ ਹੋਣ ਕਾਰਨ ਉਨ੍ਹਾਂ ਦੇ ਵਕੀਲਾਂ ਵੱਲੋਂ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ।
