ਕੇਵਲ ਸਿੰਘ ਢਿੱਲੋਂ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਤੇ ਨਵੇਂ ਰਾਜਮਾਰਗ ਪ੍ਰੋਜੈਕਟਾਂ ਬਾਰੇ ਹੋਈ ਚਰਚਾ

ਜਾਬ ਵਿੱਚ ਸੜਕੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਲੈ ਕੇ ਭਾਜਪਾ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਕੋਲ ਆਪਣਾ ਪੱਖ ਰੱਖਿਆ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਵਿਕਾਸ, ਰਾਸ਼ਟਰੀ ਰਾਜਮਾਰਗਾਂ ਅਤੇ ਸੂਬੇ ਵਿੱਚ ਚੱਲ ਰਹੇ ਤੇ ਪ੍ਰਸਤਾਵਿਤ ਸੜਕੀ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਸੜਕੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ, ਵੱਖ-ਵੱਖ ਇਲਾਕਿਆਂ ਵਿਚਾਲੇ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਲਈ ਕਈ ਅਹਿਮ ਕੌਮੀ ਰਾਜਮਾਰਗ ਪ੍ਰੋਜੈਕਟ ਮਹੱਤਵ ਰੱਖਦੇ ਹਨ। ਇਨ੍ਹਾਂ ਵਿੱਚ ਜਾਮਨਗਰ-ਅੰਮ੍ਰਿਤਸਰ ਇਕਨਾਮਿਕ ਕੋਰੀਡੋਰ ਵੀ ਸ਼ਾਮਲ ਹੈ। ਭਾਰਤਮਾਲਾ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਜਾ ਰਿਹਾ ਇਹ ਕੋਰੀਡੋਰ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਦੇ ਪ੍ਰਮੁੱਖ ਵਪਾਰਕ ਕੇਂਦਰਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਅਜਿਹੇ ਪ੍ਰੋਜੈਕਟਾਂ ਨਾਲ ਨਾ ਸਿਰਫ਼ ਸੜਕੀ ਸਫ਼ਰ ਆਸਾਨ ਹੋਣ ਦੀ ਉਮੀਦ ਹੈ, ਸਗੋਂ ਸਨਅਤ, ਵਪਾਰ, ਮਾਲ ਦੀ ਢੋਆ-ਢੁਆਈ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵੀ ਹੁਲਾਰਾ ਮਿਲ ਸਕਦਾ ਹੈ।
ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਜਾਰੀ ਰੱਖੇ ਜਾਣਗੇ।
ਹੁਣ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਸੜਕੀ ਵਿਕਾਸ ਨਾਲ ਜੁੜੇ ਪ੍ਰੋਜੈਕਟਾਂ ਨੂੰ ਲੈ ਕੇ ਕੀ ਕੋਈ ਨਵੀਂ ਪਹਿਲ ਜਾਂ ਐਲਾਨ ਸਾਹਮਣੇ ਆਉਂਦਾ ਹੈ, ਇਹ ਦੇਖਣਾ ਅਹਿਮ ਹੋਵੇਗਾ।
