ਲੁਧਿਆਣਾ 'ਚ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਲੁਧਿਆਣਾ ਨਗਰ ਨਿਗਮ ਦੇ ਜ਼ੋਨ-ਬੀ ਵਿੱਚ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਇੱਕ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਲੁਧਿਆਣਾ ਦੇ ਅਜੀਤ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਨਗਰ ਨਿਗਮ ਦੇ ਜ਼ੋਨ-ਬੀ ਵਿੱਚ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਏ ਗਏ ਸਨ।
ਸ਼ਿਕਾਇਤ ਮੁਤਾਬਕ, ਇਹ ਦਸਤਾਵੇਜ਼ ਸਬੰਧਤ ਇੰਸਪੈਕਟਰ ਸ਼ੁਭਮ ਨੂੰ ਮਾਰਕ ਕੀਤੇ ਗਏ ਸਨ। ਜਾਇਦਾਦ ਦੀ ਮਾਲਕੀ ਨਾਮ ਤਬਦੀਲ ਕਰਨ ਦੀ ਪ੍ਰਕਿਰਿਆ ਲਈ ਇੰਸਪੈਕਟਰ ਵੱਲੋਂ ਕਥਿਤ ਤੌਰ ’ਤੇ 25,000 ਰੁਪਏ ਰਿਸ਼ਵਤ ਮੰਗੀ ਜਾ ਰਹੀ ਸੀ।
ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਰੇਂਜ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ।
ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
