ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, AAP ਦੇ ਤਿੰਨ ਮੌਜੂਦਾ ਵਿਧਾਇਕ ਭਾਜਪਾ 'ਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਤਿੰਨ ਮੌਜੂਦਾ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਮਾਣਾ ਤੋਂ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ਾਮਲ ਹਨ।
ਨਵੀਂ ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਅਤੇ ਸਹਿ-ਇੰਚਾਰਜ ਵੀਰੇਂਦਰ ਸਚਦੇਵਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।
ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਕਾਫ਼ਲਾ ਹਰ ਦਿਨ ਮਜ਼ਬੂਤ ਹੋ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਦੀ ਜ਼ਮੀਨੀ ਪਕੜ ਕਮਜ਼ੋਰ ਹੁੰਦੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਾਥ ਛੱਡਣਾ ਆਪਣੇ ਆਪ ਵਿੱਚ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਪੰਜਾਬ ਸਰਕਾਰ 'ਤੇ ਅਧੂਰੇ ਵਾਅਦਿਆਂ, ਨਸ਼ਿਆਂ, ਭ੍ਰਿਸ਼ਟਾਚਾਰ, ਵਿਗੜਦੀ ਕਾਨੂੰਨ ਵਿਵਸਥਾ ਅਤੇ ਸੂਬੇ ਸਿਰ ਵਧ ਰਹੇ ਕਰਜ਼ੇ ਨੂੰ ਲੈ ਕੇ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਉਨ੍ਹਾਂ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ।
ਕੁੰਵਰ ਵਿਜੇ ਪ੍ਰਤਾਪ ਨੇ ਕਿਹਾ- ਪੰਜ ਸਾਲ ਦੀ Internship ਪੂਰੀ ਹੋਈ
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦੀ ਪੰਜ ਸਾਲਾਂ ਦੀ ਇੰਟਰਨਸ਼ਿਪ ਅੱਜ ਖ਼ਤਮ ਹੋ ਗਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ ਅਤੇ ਫਿਰੌਤੀਖੋਰੀ ਇੱਕ ਸੰਗਠਿਤ ਉਦਯੋਗ ਦਾ ਰੂਪ ਧਾਰ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ, ਉਦਯੋਗ ਅਤੇ ਖੁਸ਼ਹਾਲੀ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਸਨ ਮਾਡਲ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਪਠਾਣਮਾਜਰਾ ਨੇ 'ਉੱਡਦਾ ਪੰਜਾਬ' ਨੂੰ 'ਉੱਭਰਦਾ ਪੰਜਾਬ' ਬਣਾਉਣ ਦੀ ਗੱਲ ਕਹੀ
ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਪੰਜਾਬ ਨਾਲ ਜੁੜੇ ਮੁੱਦੇ ਉਠਾਉਣ ਵਾਲੇ ਆਗੂਆਂ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਢਾਈ ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ ਅਤੇ ਸੂਬੇ ਨੂੰ ਨਸ਼ਿਆਂ ਤੇ ਗੈਂਗਸਟਰਵਾਦ ਤੋਂ ਮੁਕਤ ਕਰਵਾਉਣ ਦੀ ਲੋੜ ਹੈ। ਉਨ੍ਹਾਂ 'ਉੱਡਦੇ ਪੰਜਾਬ' ਨੂੰ 'ਉੱਭਰਦਾ ਪੰਜਾਬ' ਬਣਾਉਣ ਦਾ ਸੱਦਾ ਦਿੱਤਾ।
ਜੌੜਾਮਾਜਰਾ ਨੇ ਡਬਲ ਇੰਜਣ ਸਰਕਾਰ ਨੂੰ ਦੱਸਿਆ ਜ਼ਰੂਰੀ
ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੀ ਅਸਲ ਤਰੱਕੀ ਲਈ ਡਬਲ ਇੰਜਣ ਸਰਕਾਰ ਜ਼ਰੂਰੀ ਹੈ। ਉਨ੍ਹਾਂ ਪੇਂਡੂ ਸਿਹਤ ਸਹੂਲਤਾਂ, ਡਿਸਪੈਂਸਰੀਆਂ ਦੀ ਸਥਿਤੀ ਅਤੇ ਸਿਹਤ ਕਾਰਡਾਂ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ GST ਰਿਫੰਡ ਲੰਬਿਤ ਹੋਣ ਅਤੇ ਕੇਂਦਰ ਨਾਲ ਸਹੀ ਤਾਲਮੇਲ ਨਾ ਹੋਣ ਕਾਰਨ ਮੰਡੀ ਗੋਬਿੰਦਗੜ੍ਹ ਅਤੇ ਬਟਾਲਾ ਵਰਗੇ ਉਦਯੋਗਿਕ ਖੇਤਰਾਂ ਨੂੰ ਨੁਕਸਾਨ ਹੋ ਰਿਹਾ ਹੈ।
ਤਿੰਨਾਂ ਆਗੂਆਂ ਨੇ ਭਾਜਪਾ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਿਆਂ, ਅਪਰਾਧ ਅਤੇ ਆਰਥਿਕ ਸੰਕਟ ਵਿੱਚੋਂ ਬਾਹਰ ਕੱਢ ਕੇ ਮੁੜ ਤਰੱਕੀ ਦੀ ਰਾਹ 'ਤੇ ਲਿਆਉਣ ਦਾ ਦਾਅਵਾ ਕੀਤਾ। ਇਨ੍ਹਾਂ ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨਾਂ ਵਿੱਚ ਨਵੀਂ ਚਰਚਾ ਛਿੜ ਗਈ ਹੈ।
