ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿਆਂਗੇ, ਵਿਧਾਨ ਸਭਾ ’ਚ ਮਤਾ ਪਾਸ: CM ਮਾਨ

ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਸਖ਼ਤ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦੇਵੇਗਾ ਅਤੇ ਆਪਣੇ ਹੱਕਾਂ ਲਈ ਅਦਾਲਤਾਂ ਤੋਂ ਲੈ ਕੇ ਸੜਕਾਂ ਤੱਕ ਸੰਘਰਸ਼ ਕਰਨ ਲਈ ਤਿਆਰ ਹੈ। ਇਸ ਸਬੰਧੀ ਵਿਧਾਨ ਸਭਾ ਵੱਲੋਂ ਮਤਾ ਵੀ ਪਾਸ ਕੀਤਾ ਗਿਆ।
ਮੁੱਖ ਮੰਤਰੀ ਨੇ ਰਾਜਸਥਾਨ ਵੱਲੋਂ ਪੰਜਾਬ ਦੇ ਪਾਣੀ ਦੀ ਵਰਤੋਂ ਦਾ ਮੁੱਦਾ ਚੁੱਕਦਿਆਂ ਦਾਅਵਾ ਕੀਤਾ ਕਿ ਰਾਜਸਥਾਨ ਪੰਜਾਬ ਦਾ ਪਾਣੀ ਮੁਫ਼ਤ ਲੈ ਕੇ ਉਦਯੋਗਾਂ ਨੂੰ ਵੇਚ ਰਿਹਾ ਹੈ। ਉਨ੍ਹਾਂ ਰਾਜਸਥਾਨ ਵੱਲ ਪੰਜਾਬ ਦੀ ਰਾਇਲਟੀ ਦੇ 1.43 ਲੱਖ ਕਰੋੜ ਰੁਪਏ ਬਕਾਇਆ ਹੋਣ ਦਾ ਦਾਅਵਾ ਵੀ ਕੀਤਾ। ਮਾਨ ਨੇ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ’ਤੇ ਰਾਜਸਥਾਨ ਅਤੇ ਹਰਿਆਣਾ ਦਾ ਕੋਈ ਹੱਕ ਨਹੀਂ ਬਣਦਾ।
ਮੁੱਖ ਮੰਤਰੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਨੂੰ ਇਸ ਦਾ ਨਾਂ ਬਦਲ ਕੇ ‘ਯਮੁਨਾ-ਸਤਲੁਜ ਲਿੰਕ’ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਵਾਧੂ ਪਾਣੀ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਯਮੁਨਾ ਅਣਵੰਡੇ ਪੰਜਾਬ ਦਾ ਹਿੱਸਾ ਰਹੀ ਹੈ ਅਤੇ ਇਸ ਦੇ ਪਾਣੀਆਂ ਵਿੱਚ ਪੰਜਾਬ ਦੇ ਹੱਕ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ।
ਇਸ ਦੌਰਾਨ ਮੁੱਖ ਮੰਤਰੀ ਨੇ ਸਿੰਜਾਈ ਦੇ ਖੇਤਰ ਵਿੱਚ ਆਪਣੀ ਸਰਕਾਰ ਦੇ ਕੰਮਾਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਮੁਤਾਬਕ, ਸਾਲ 2022 ਵਿੱਚ ਸਰਕਾਰ ਬਣਨ ਵੇਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫ਼ੀਸਦੀ ਸੀ, ਜੋ ਹੁਣ ਵਧ ਕੇ ਲਗਭਗ 80 ਫ਼ੀਸਦੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ 14 ਹਜ਼ਾਰ ਕਿਲੋਮੀਟਰ ਲੰਬੀਆਂ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।
ਮਾਨ ਨੇ ਕਿਹਾ ਕਿ ਲਗਭਗ ਚਾਰ ਦਹਾਕਿਆਂ ਬਾਅਦ ਕੰਢੀ ਨਹਿਰ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਅਤੇ ਪਠਾਨਕੋਟ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਅੱਠ ਨਵੀਆਂ ਨਹਿਰਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਅਨੁਸਾਰ, ਇਨ੍ਹਾਂ ਉਪਰਾਲਿਆਂ ਨਾਲ 60.80 ਲੱਖ ਏਕੜ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ, ਇਸ ਲਈ ਸੂਬੇ ਦੇ ਕੁਦਰਤੀ ਸਰੋਤਾਂ ਦੇ ਮਾਮਲੇ ਵਿੱਚ ਪੰਜਾਬ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਪਾਣੀ ਦੀ ਹਰ ਬੂੰਦ ਦੀ ਸਹੀ ਵਰਤੋਂ ਕਰਨ ਅਤੇ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ ਰੱਖੇਗੀ।
