ਪੰਜਾਬ ਵਿਧਾਨ ਸਭਾ ’ਚ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਮਤਾ ਪੇਸ਼, ਕੇਂਦਰ ਨੂੰ ਅਪੀਲ
-800x450.webp)
ਪੰਜਾਬ ਵਿਧਾਨ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਇਸ ਸਬੰਧੀ ਮਤਾ ਪੇਸ਼ ਕਰਦਿਆਂ ਲਾਂਘੇ ਨੂੰ ਮੁੜ ਖੋਲ੍ਹਣ, ਯਾਤਰਾ ਪ੍ਰਕਿਰਿਆ ਸਰਲ ਬਣਾਉਣ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਆਵਾਜਾਈ ਦਾ ਰਸਤਾ ਨਹੀਂ, ਸਗੋਂ ਇਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਲਾਂਘੇ ਨੂੰ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ।
ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਆਪਣੇ ਜੀਵਨ ਦਾ ਅਹਿਮ ਸਮਾਂ ਬਿਤਾਇਆ ਅਤੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ, ਸਮਾਨਤਾ ਅਤੇ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਮੁਤਾਬਕ, ਇਹ ਲਾਂਘਾ ਦੁਨੀਆ ਭਰ ਵਿੱਚ ਵਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਨਾਲ ਵੀ ਜੁੜਿਆ ਹੋਇਆ ਹੈ।
ਹਰਜੋਤ ਬੈਂਸ ਨੇ ਕਿਹਾ ਕਿ ਲਾਂਘੇ ਰਾਹੀਂ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਅਤੇ ਆਉਣ-ਜਾਣ ਵਿੱਚ ਆਉਂਦੀਆਂ ਰੁਕਾਵਟਾਂ ਕਾਰਨ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਯਕੀਨੀ ਬਣਾਈ ਜਾਵੇ।
ਮਤੇ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਯਾਤਰਾ ਸਬੰਧੀ ਪ੍ਰਕਿਰਿਆਵਾਂ ਨੂੰ ਸਰਲ ਬਣਾਏ, ਖ਼ਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਘਟਾਈਆਂ ਜਾਣ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਲਾਂਘੇ ਨੂੰ ਮੁੜ ਖੋਲ੍ਹਣ ਤੇ ਲਗਾਤਾਰ ਚਾਲੂ ਰੱਖਣ ਲਈ ਕਦਮ ਚੁੱਕੇ ਜਾਣ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਆਪਸੀ ਵਿਸ਼ਵਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਹੈ ਅਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ।
