ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਪ੍ਰਭਾਵਿਤ ਐਲਾਨੇ, ਰਾਵੀ, ਬਿਆਸ ਅਤੇ ਸਤਲੁਜ ਉਫ਼ਾਨ ’ਤੇ
Read in English
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਰਾਵੀ, ਬਿਆਸ ਅਤੇ ਸਤਲੁਜ ਦੇ ਜਲਗ੍ਰਹਿਣ ਖੇਤਰਾਂ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਦਰਿਆ ਉਫ਼ਾਨ ’ਤੇ ਹਨ।
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਮੰਗਲਵਾਰ ਨੂੰ ਜਾਰੀ ਹੁਕਮਾਂ ਰਾਹੀਂ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਖ਼ਤਰੇ ਵਾਲੀ ਸਥਿਤੀ ਵਿੱਚ ਆਪਣੇ ਪੱਧਰ ’ਤੇ ਕਾਰਵਾਈ ਕਰਨ ਅਤੇ ਹੰਗਾਮੀ ਹਾਲਾਤ ਲਈ ਤਿਆਰ ਰਹਿਣ ਦੇ ਅਧਿਕਾਰ ਦਿੱਤੇ ਗਏ ਹਨ। ਸੋਮਵਾਰ ਤੱਕ 12 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਸੀ।
ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਕਰੀਬ 1,400 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 3.55 ਲੱਖ ਲੋਕਾਂ ’ਤੇ ਹੜ੍ਹਾਂ ਦਾ ਅਸਰ ਪਿਆ ਹੈ। 4 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਕਰੀਬ 19,600 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।
ਸੂਬੇ ਵਿੱਚ 171 ਰਾਹਤ ਕੈਂਪ ਬਣਾਏ ਗਏ ਹਨ, ਜਿਨ੍ਹਾਂ ਵਿੱਚ 5,100 ਤੋਂ ਵੱਧ ਲੋਕਾਂ ਨੇ ਸ਼ਰਨ ਲਈ ਹੈ। ਗੁਰਦਾਸਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹੈ।
ਬਿਆਸ ਦਰਿਆ ’ਤੇ ਬਣੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
