ਬਠਿੰਡਾ ’ਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਨਿੱਜੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਵਿੱਚ ਰਿਸ਼ਵਤਖੋਰੀ ਵਿਰੁੱਧ ਕਾਰਵਾਈ ਕਰਦਿਆਂ ਮਾਲ ਹਲਕਾ ਚਾਉਕੇ, ਤਹਿਸੀਲ ਮੌੜ ਦੇ ਪਟਵਾਰੀ ਮਨਿੰਦਰ ਸਿੰਘ ਦੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿਖੇ ਜ਼ਮੀਨ ਖਰੀਦੀ ਸੀ। ਹਾਲ ਹੀ ਵਿੱਚ ਜਦੋਂ ਉਸ ਨੇ ਜ਼ਮੀਨ ਦੇ ਮਾਲ ਰਿਕਾਰਡ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਰਿਕਾਰਡ ਵਿੱਚ ਖਰੀਦਦਾਰਾਂ ਦੇ ਨਾਂ ਦਰਜ ਹੋਣ ਦੀ ਬਜਾਏ ਪੁਰਾਣੇ ਮਾਲਕ ਦਾ ਨਾਂ ਹੀ ਦਰਜ ਸੀ। ਇਸ ਗਲਤੀ ਨੂੰ ਠੀਕ ਕਰਵਾਉਣ ਲਈ ਉਸ ਨੇ ਸਬੰਧਤ ਪਟਵਾਰੀ ਮਨਿੰਦਰ ਸਿੰਘ ਨਾਲ ਸੰਪਰਕ ਕੀਤਾ।
ਸ਼ਿਕਾਇਤ ਅਨੁਸਾਰ, ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਆਪਣੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨਾਲ ਗੱਲ ਕਰਨ ਲਈ ਕਿਹਾ। ਇਸ ਤੋਂ ਬਾਅਦ ਪ੍ਰਿਤਪਾਲ ਸਿੰਘ ਨੇ ਮਾਲ ਰਿਕਾਰਡ ਵਿੱਚ ਲੋੜੀਂਦੀ ਸੋਧ ਕਰਵਾਉਣ ਦੇ ਬਦਲੇ 1.50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਪਟਵਾਰੀ ਦਫ਼ਤਰ ਵਿੱਚ ਹੋਈ ਗੱਲਬਾਤ ਦੌਰਾਨ ਰਿਸ਼ਵਤ ਦੀ ਰਕਮ 1.40 ਲੱਖ ਰੁਪਏ ਤੈਅ ਹੋਣ ਦਾ ਦੋਸ਼ ਹੈ। ਇਸ ਦੌਰਾਨ ਮੁਲਜ਼ਮ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਤੋਂ 2,000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ ਰਕਮ ਦੀ ਅਗਲੀ ਕਿਸ਼ਤ 22 ਅਕਤੂਬਰ ਨੂੰ ਦੇਣ ਲਈ ਕਿਹਾ ਸੀ।
ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਬਜਾਏ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਕੋਲ ਪਹੁੰਚ ਕੀਤੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਿਤਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਨੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜਾਂਚ ਦੌਰਾਨ ਰਿਸ਼ਵਤ ਦੀ ਮੰਗ ਅਤੇ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਸਬੰਧੀ ਤੱਥਾਂ ਦੀ ਪੜਤਾਲ ਕੀਤੀ ਜਾਵੇਗੀ।
