ਪਨਬੱਸ-ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀਆਂ ਮੰਗਾਂ 15 ਅਕਤੂਬਰ ਤੱਕ ਹੱਲ ਕਰਨ ਦੇ ਨਿਰਦੇਸ਼: ਹਰਪਾਲ ਚੀਮਾ

ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ 15 ਅਕਤੂਬਰ ਦੀ ਸਮਾਂ-ਸੀਮਾ ਤੈਅ ਕੀਤੀ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਮੰਗਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਕੈਬਨਿਟ ਸਬ-ਕਮੇਟੀ ਦੇ ਮੁਖੀ ਵਜੋਂ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਉੱਚ ਪੱਧਰੀ ਮੀਟਿੰਗਾਂ ਕੀਤੀਆਂ। ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ 15 ਅਕਤੂਬਰ ਤੱਕ ਹੱਲ ਕੀਤਾ ਜਾਵੇ।
ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵੀ ਬਿਨਾਂ ਕਿਸੇ ਦੇਰੀ ਦੇ ਬੁਲਾਉਣ ਦੀ ਹਦਾਇਤ ਕੀਤੀ, ਤਾਂ ਜੋ ਜਿਨ੍ਹਾਂ ਮਾਮਲਿਆਂ ਲਈ ਬੋਰਡ ਦੀ ਮਨਜ਼ੂਰੀ ਲੋੜੀਂਦੀ ਹੈ, ਉਨ੍ਹਾਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਜਾ ਸਕੇ।
ਇਸੇ ਦੌਰਾਨ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਗਈ। ਯੂਨੀਅਨਾਂ ਨੇ ਗੈਸਟ ਫੈਕਲਟੀ ਅਤੇ ਕੰਟਰੈਕਟ ਇੰਸਟ੍ਰਕਟਰਾਂ ਵਜੋਂ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ, ਵਾਜਬ ਮਿਹਨਤਾਨੇ ਅਤੇ ਤਨਖਾਹ ਵਾਧੇ ਦੀਆਂ ਮੰਗਾਂ ਰੱਖੀਆਂ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਦੀ ਲੰਬੀ ਸੇਵਾ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ।
ਵਿੱਤ ਮੰਤਰੀ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਆਈ.ਟੀ.ਆਈ. ਇੰਸਟ੍ਰਕਟਰਾਂ ਦੀ ਤਨਖਾਹ ਵਾਧੇ ਸਬੰਧੀ ਰਸਮੀ ਪ੍ਰਸਤਾਵ ਤਿਆਰ ਕਰਕੇ ਜਲਦ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਮਾਮਲੇ 'ਤੇ ਤੁਰੰਤ ਵਿਚਾਰ ਕੀਤਾ ਜਾ ਸਕੇ।
ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੀ ਹੈ ਅਤੇ ਜਾਇਜ਼ ਮੰਗਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਗੱਲਬਾਤ ਜਾਰੀ ਰੱਖੇਗੀ।
ਮੀਟਿੰਗਾਂ ਵਿੱਚ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਰੱਖੇ।
