ਚਾਵਲਾ ਕਾਂਡ : ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਭਲਕੇ ਪ੍ਰਧਾਨ ਧਾਮੀ ਨੂੰ ਸੌਂਪੇਗੀ ਮੁੱਢਲੀ ਰਿਪੋਰਟ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ।
ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੁਆਰਡੀਨੇਟਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਮਾਮਲੇ ਨਾਲ ਸਬੰਧਤ ਤੱਥਾਂ, ਦਸਤਾਵੇਜ਼ਾਂ ਅਤੇ ਵੱਖ-ਵੱਖ ਪੱਖਾਂ ਨੂੰ ਗੰਭੀਰਤਾ ਨਾਲ ਘੋਖਿਆ ਜਾ ਰਿਹਾ ਹੈ।
ਸ. ਕਾਹਲਵਾਂ ਨੇ ਕਿਹਾ ਕਿ ਜਾਂਚ ਦਾ ਉਦੇਸ਼ ਕਿਸੇ ਵਿਅਕਤੀ ਜਾਂ ਧਿਰ ਦੇ ਹੱਕ ਜਾਂ ਵਿਰੋਧ ਵਿੱਚ ਜਾਣਾ ਨਹੀਂ, ਸਗੋਂ ਮਾਮਲੇ ਨਾਲ ਜੁੜੇ ਅਸਲ ਤੱਥਾਂ ਨੂੰ ਸਾਹਮਣੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦਾ ਨਤੀਜਾ ਕੱਢਣਾ ਜਾਂ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕਰਨਾ ਉਚਿਤ ਨਹੀਂ ਹੈ।
ਉਨ੍ਹਾਂ ਸੋਸ਼ਲ ਮੀਡੀਆ ’ਤੇ ਹੋ ਰਹੀ ਬਿਆਨਬਾਜ਼ੀ ਬਾਰੇ ਵੀ ਕਿਹਾ ਕਿ ਕਿਸੇ ਸੰਵੇਦਨਸ਼ੀਲ ਮਾਮਲੇ ਵਿੱਚ ਸੋਸ਼ਲ ਮੀਡੀਆ ਨੂੰ ਅਦਾਲਤ ਜਾਂ ਜਾਂਚ ਏਜੰਸੀ ਦਾ ਬਦਲ ਨਹੀਂ ਬਣਾਇਆ ਜਾ ਸਕਦਾ। ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਕਿਸੇ ਸਿੱਖ ਸ਼ਖ਼ਸੀਅਤ ਜਾਂ ਸੰਸਥਾ ਵਿਰੁੱਧ ਪ੍ਰਚਾਰ ਕਰਨ ਨਾਲ ਮਾਮਲਾ ਹੋਰ ਉਲਝ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਜਾਂਚ ਦੀ ਰਿਪੋਰਟ ਸਾਹਮਣੇ ਆਉਣ ਤੱਕ ਸੰਜਮ ਵਰਤਿਆ ਜਾਵੇ ਅਤੇ ਇਕਪਾਸੜ ਜਾਂ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ। ਇਸ ਤੋਂ ਬਾਅਦ ਰਿਪੋਰਟ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਜਾਣਕਾਰੀ ਜਨਤਕ ਕੀਤੀ ਜਾਵੇਗੀ।
